ਸੰਸਾਰਪ੍ਰਮੁੱਖ ਖਬਰਾਂ

ਕੈਨੇਡਾ ਵਿਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ

ਵਿਨੀਪੈਗ : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖ਼ਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments – LMIs) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Mark Miller Immigration Minister Canada) ਨੇ ਵੱਡੇ ਖ਼ੁਲਾਸੇ ਕਰਦਿਆਂ ਕਿਹਾ ਹੈ ਕਿ ਕੈਨੇਡਾ ਦੀ ਪੱਕੀ ਰਿਹਾਇਸ਼ PR ਲਈ ਐੱਲਐੱਮਆਈਏ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ।
ਇਸ ਵੇਲੇ ਬਿਨੈਕਾਰ ਇੱਕ ਐੱਲਐੱਮਆਈਏ ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ। ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਦੇ ਨਾਂ ’ਤੇ ਲੋਕਾਂ ਨੂੰ ਠਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਸੋਸ਼ਲ ਮੀਡੀਆ ’ਤੇ ਠੱਗ ਏਜੰਟਾਂ ਵੱਲੋਂ ਐੱਲਐੱਮਆਈਏ ਰਾਹੀਂ ਯਕੀਨੀ ਪੀਆਰ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ ਐੱਲਐੱਮਆਈਏ ਤਿਆਰ ਕਰਵਾਏ ਜਾਂਦੇ ਹਨ ਅਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐੱਲਐੱਮਆਈਏ ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ, ਕੌਮਾਂਤਰੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ।

Related Articles

Leave a Reply

Your email address will not be published. Required fields are marked *

Back to top button