ਪੰਜਾਬਪ੍ਰਮੁੱਖ ਖਬਰਾਂ

ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਦੀ ਪੁਲਿਸ ਕਰੇਗੀ ਸ਼ਨਾਖਤ, ਤਸਕਰਾਂ ਦੀ ਜਾਇਦਾਦ ਜ਼ਬਤ ਕਰ ਕੇ ਢਹੀ ਜਾਵੇਗੀ

ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।

ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਨੇਕ ਕਾਰਜ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਵਿੱਚ ਕੋਈ ਸਬਸਿਡੀ ਨਾ ਦਿੱਤੀ ਜਾਵੇ ਤਾਂ ਕਿ ਅਪਰਾਧੀਆਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨ.ਡੀ.ਪੀ.ਐਸ. ਐਕਟ ਵਿੱਚ ਕੋਈ ਹੋਰ ਸੋਧ ਦੀ ਲੋੜ ਪਵੇਗੀ ਤਾਂ ਉਹ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣਾ ਚਾਹੀਦਾ ਹੈ ਜਿਸ ਲਈ ਅਧਿਕਾਰੀਆਂ ਨੂੰ ਵਿਆਪਕ ਕਾਰਵਾਈ ਲਈ ਢੁਕਵੀਂ ਵਿਉਂਤਬੰਦੀ ਕਰਨੀ ਚਾਹੀਦੀ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਾਰੰਗਵਾਲ ਪਿੰਡ ਦੀ ਮਿਸਾਲ ਦਿੱਤੀ ਜਿੱਥੇ ਵੀਰਵਾਰ ਸ਼ਾਮ ਨੂੰ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਸ਼ਾਮਲਾਤ ਜ਼ਮੀਨ ‘ਤੇ ਬਣਾਏ ਗਏ ਇਸ ਘਰ ਨੂੰ ਢਾਹਿਆ ਗਿਆ ਹੈ, ਉਸ ਥਾਂ ਉਤੇ ਹੁਣ ਲਾਇਬ੍ਰੇਰੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਥਾਂ ਤੋਂ ਨਸ਼ੇ ਵੇਚੇ ਜਾਂਦੇ ਸਨ, ਉਸ ਥਾਂ ਨੂੰ ‘ਗਿਆਨ ਦੇ ਕੇਂਦਰ’ ਵਿੱਚ ਬਦਲਿਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਮੌਕੇ ਕਾਰਵਾਈ ਦੌਰਾਨ ਅਧਿਕਾਰੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਬੀਤੇ ਸਮੇਂ ਵਿੱਚ ਵੀ ਅੱਤਵਾਦ ਦੇ ਖਿਲਾਫ਼ ਜੰਗ ਜਿੱਤੀ ਸੀ ਅਤੇ ਹੁਣ ਸਾਰੇ ਅਧਿਕਾਰੀ ਨਸ਼ਿਆਂ ਦੀ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਲਈ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਹੇਠਲੇ ਪੱਧਰ ‘ਤੇ ਠੋਸ ਯੋਜਨਾਬੰਦੀ ਅਤੇ ਅਮਲ ਰਾਹੀਂ ਜਿੱਤਣਾ ਹੋਵੇਗਾ ਜਿਸ ਲਈ ਅਧਿਕਾਰੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਠੋਸ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਕ ਅਸਾਧਾਰਨ ਜੰਗ ਹੈ ਅਤੇ ਸਰਕਾਰ ਨੂੰ ਖਾਸ ਤੌਰ ਉਤੇ ਹਰੇਕ ਅਧਿਕਾਰੀ ਨੂੰ ਲੀਹੋਂ ਹਟਵੇਂ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਅਤੇ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਤਿੰਨ ਮਹੀਨਿਆਂ ਦੇ ਅੰਦਰ ਨਸ਼ਿਆਂ ਦੀ ਮੌਜੂਦਗੀ ਬਿਲਕੁਲ ਖਤਮ ਹੋਣੀ ਚਾਹੀਦੀ ਹੈ। ਇਕ ਮਹੀਨੇ ਬਾਅਦ ਹਰੇਕ ਐਸ.ਐਸ.ਪੀ. ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਕਾਰਗੁਜ਼ਾਰੀ ਨਾ ਦਿਖਾਉਣ ਵਾਲਿਆਂ ਖਿਲਾਫ਼ ਸਖਤੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਜਿਸ ਲਈ ਏ.ਐਨ.ਟੀ.ਐਫ. ਵੱਲੋਂ ਪਹਿਲਾਂ ਹੀ ਸੂਚੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਡੀ/ਦਰਮਿਆਨੀ ਮਾਤਰਾ ਵਿੱਚ ਨਸ਼ਿਆਂ ਦੀ ਬਰਾਮਦਗੀ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਦੋਸ਼ੀਆਂ ਦੀਆਂ ਜ਼ਮਾਨਤਾਂ ਰੱਦ ਕਰਨ ਵਿੱਚ ਪੂਰੀ ਵਾਹ ਲਾ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਕੈਮੀਕਲ ਰਿਪੋਰਟਾਂ ਵੀ ਸਮੇਂ ਉਤੇ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਨਸ਼ੇ ਦੀ ਓਵਰਡੋਜ਼ ਦੇ ਸਾਰੇ ਮਾਮਲਿਆਂ ਵਿੱਚ ਵਿਆਪਕ ਜਾਂਚ ਅਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਦਿਨ-ਰਾਤ ਵਾਹਨਾਂ ਦੀ ਸਖਤੀ ਨਾਲ ਜਾਂਚ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button