ਇੰਗਲੈਂਡ ਵਿਚ ਕਾਤਲਾਨਾ ਹਮਲੇ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਚਾਰ ਨੌਜਵਾਨ ਗ੍ਰਿਫ਼ਤਾਰ

ਇੰਗਲੈਂਡ ਦੇ ਵੁਲਪਰਹੈਂਪਟਨ ਵਿੱਚ ਕਾਤਲਾਨਾ ਹਮਲੇ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਪੁਲਿਸ ਅਨੁਸਾਰ, ਸ਼ੁੱਕਰਵਾਰ ਸਵੇਰੇ 6 ਵਜੇ ਬਿਲਸਟਨ ਦੇ ਆਰਬਰ ਡਰਾਈਵ ‘ਤੇ ਕਈ ਲੋਕਾਂ ਵਿਚਕਾਰ ਤੇਜ਼ਧਾਰ ਹਥਿਆਰਾਂ ਨਾਲ ਲੜਾਈ ਦੀ ਖ਼ਬਰ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਉੱਥੇ ਪਹੁੰਚ ਗਏ। ਇਸ ਲੜਾਈ ਵਿੱਚ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਦੋਂ ਕਿ ਇੱਕ ਕਾਰ ਪੂਰੀ ਤਰ੍ਹਾਂ ਖੂਨ ਨਾਲ ਲੱਥਪੱਥ ਸੀ।
ਰਿਪੋਰਟ ਦੇ ਅਨੁਸਾਰ, ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 3 ਲੋਕਾਂ ਨੂੰ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ, ਜਦੋਂ ਕਿ ਚਾਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ, ਇਸ ਹਮਲੇ ਦੇ ਚਾਰ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ (28), ਹਰਪ੍ਰੀਤ ਸਿੰਘ (25), ਮੁਕੇਸ਼ ਕੁਮਾਰ (30) ਅਤੇ ਲਖਵਿੰਦਰ ਸਿੰਘ (26) ਵਜੋਂ ਹੋਈ ਹੈ। ਚਾਰਾਂ ਨੂੰ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਐਤਵਾਰ ਨੂੰ ਵਾਲਪਰ ਹੈਂਪਟਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੁਲਿਸ ਕੋਲ ਇਸ ਹਮਲੇ ਦੀ ਇੱਕ ਵੀਡੀਓ ਵੀ ਹੈ, ਜਿਸ ਵਿੱਚ ਕਾਲੇ ਰੰਗ ਦੇ ਹੂਡੀ ਪਹਿਨੇ 6 ਨਕਾਬਪੋਸ਼ ਵਿਅਕਤੀ ਚਿੱਟੀ ਕਾਰ ਦੇ ਨੇੜੇ ਆਉਂਦੇ ਹਨ ਅਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ। ਹਮਲੇ ਦੌਰਾਨ, ਉਹ ਕਾਰ ਦੇ ਦਰਵਾਜ਼ੇ ਅਤੇ ਖਿੜਕੀਆਂ ਤੋੜ ਦਿੰਦੇ ਹਨ ਅਤੇ ਤਿੰਨਾਂ ਲੋਕਾਂ ਨੂੰ ਬਾਹਰ ਕੱਢਦੇ ਹਨ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੰਦੇ ਹਨ।
ਮੀਡੀਆ ਨਾਲ ਗੱਲ ਕਰਦੇ ਹੋਏ, ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਪਰਾਧੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਕਈ ਟੀਮਾਂ ਨੇ ਮਿਲ ਕੇ ਕੰਮ ਕੀਤਾ। ਸਾਡੀ ਜਾਂਚ ਬਹੁਤ ਤੇਜ਼ੀ ਨਾਲ ਅੱਗੇ ਵਧ ਰਹੀ ਹੈ, ਹੁਣ ਤੱਕ ਦੀ ਜਾਂਚ ਤੋਂ ਬਾਅਦ ਅਸੀਂ ਇਸ ਸਿੱਟੇ ‘ਤੇ ਪਹੁੰਚੇ ਹਾਂ ਕਿ ਇਹ ਇੱਕ ਯੋਜਨਾਬੱਧ ਹਮਲਾ ਸੀ। ਪੀੜਤਾਂ ਨੂੰ ਕਿਸੇ ਪੁਰਾਣੀ ਰੰਜਿਸ਼ ਕਾਰਨ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਸੀ।