ਪੰਜਾਬ

ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ, ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਦਿੱਤਾ ਵੱਡਾ ਬਿਆਨ

ਪਟਿਆਲਾ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ‘ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਮਜੀਠੀਆ ਬਿਲਕੁਲ ਠੀਕ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਜੀਠੀਆ ‘ਤੇ ਲੱਗੇ ਸਾਰੇ ਇਲਜ਼ਾਮ ਗਲਤ ਹਨ।

ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਸੀ। ਮਜੀਠੀਆ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਹਨ। ਦੂਜੇ ਪਾਸੇ, ਸੁਪਰੀਮ ਕੋਰਟ ਵਿੱਚ ਅੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ। ਇਸ ਦੌਰਾਨ ਜ਼ਮਾਨਤ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਜਾਣਾ ਹੈ। ਪਿਛਲੀ ਸੁਣਵਾਈ ‘ਤੇ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਸੀ। ਦੱਸ ਦੇਈਏ ਕਿ ਮਜੀਠੀਆ ਜੂਨ 2025 ਤੋਂ ਪੁਲਿਸ ਹਿਰਾਸਤ ਵਿੱਚ ਹਨ। ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਰਿਹਾਇਸ਼ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।

ਮਜੀਠੀਆ ਕੇਸ ਵਿੱਚ ਬੀਤੀ 30 ਨਵੰਬਰ ਨੂੰ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪਹਿਲਾਂ ਰਿਮਾਂਡ ‘ਤੇ ਲੈ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਉੱਥੇ ਹੀ, ਪੰਜ ਦਿਨ ਪਹਿਲਾਂ ਗੁਲਾਟੀ ਦੇ ਖ਼ਿਲਾਫ਼ 11 ਹਜ਼ਾਰ ਪੰਨਿਆਂ ਦਾ ਚਾਲਾਨ ਪੇਸ਼ ਕਰ ਦਿੱਤਾ ਗਿਆ ਹੈ। ਚਾਰਜਸ਼ੀਟ ਵਿੱਚ ਮਜੀਠੀਆ ਅਤੇ ਗੁਲਾਟੀ ਦੇ ਲੈਣ-ਦੇਣ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!