ਪੰਜਾਬ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਹਲਕਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਪਿਛਲੇ ਸਤੰਬਰ ਤੋਂ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਫ਼ਰਾਰ ਚੱਲ ਰਹੇ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਤੋਂ ਕੀਤੀ ਗਈ ਹੈ।

ਪਟਿਆਲਾ ਦੇ ਐਸ.ਐਸ.ਪੀ. (SSP) ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਕਾਫੀ ਸਮੇਂ ਤੋਂ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਜਾਰੀ ਸੀ। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਤੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ 3 ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਦੋ ਦਿਨਾਂ ਦੇ ਲੰਬੇ ਆਪ੍ਰੇਸ਼ਨ ਤੋਂ ਬਾਅਦ ਇਹ ਸਫਲਤਾ ਮਿਲੀ ਹੈ।

ਦੱਸ ਦਈਏ ਕਿ ਪਠਾਣਮਾਜਰਾ ‘ਤੇ ਇੱਕ ਮਹਿਲਾ ਵੱਲੋਂ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਗਏ ਸਨ। ਇਸ ਮਾਮਲੇ ਵਿੱਚ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ। ਜਦੋਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਦੇ ਕਰਨਾਲ ਗਈ ਸੀ, ਉਦੋਂ ਉਹ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਮੰਗਲਵਾਰ ਦੇਰ ਰਾਤ ਜਦੋਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਨੇੜੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਦੇਖਿਆ ਗਿਆ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਪੁਲਿਸ ਨੇ ਇੱਕ ਅੰਤਰਰਾਜੀ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ । ਸਾਰੇ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਉਨ੍ਹਾਂ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਐਸ.ਐਸ.ਪੀ. ਦੇ ਅਨੁਸਾਰ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਤੋਂ ਮਾਮਲਾ ਦਰਜ ਸੀ ਅਤੇ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕੀਤਾ ਜਾ ਚੁੱਕਾ ਸੀ। ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀਆਂ ਟੀਮਾਂ ਲਗਾਤਾਰ ਉਨ੍ਹਾਂ ਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ। ਗ੍ਰਿਫ਼ਤਾਰੀ ਦੇ ਸਮੇਂ ਮੁਲਜ਼ਮ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਸਨ। ਪੁਲਿਸ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪਟਿਆਲਾ ਪੁੱਜ ਗਈ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਪੁਲਿਸ ਹੁਣ ਅਦਾਲਤ ਤੋਂ ਰਿਮਾਂਡ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਤਿਆਰੀ ਵਿੱਚ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!