ਪੰਜਾਬ

ਰਾਜਾ ਵੜਿੰਗ ਦੇ ਪ੍ਰੋਗਰਾਮਾਂ ਦੇ ਬਾਈਕਾਟ ਦਾ ਐਲਾਨ, ਚਰਨਜੀਤ ਚੰਨੀ ਦੇ ਹੱਕ ‘ਚ ਆਏ MP ਰੰਧਾਵਾ

ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖ਼ਿਲਾਫ਼ ਵਿਰੋਧੀ ਧੜਾ ਇੱਕਜੁੱਟ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਚੰਨੀ ਅਤੇ ਹੋਰ ਆਗੂਆਂ ਨਾਲ ਇੱਕ ਤਸਵੀਰ ਸਾਂਝੀ ਕੀਤੀ, ਜਿਸ ‘ਤੇ “ਏਕਤਾ ਵਿੱਚ ਸ਼ਕਤੀ” ਲਿਖਿਆ ਹੋਇਆ ਹੈ। ਇਸ ਤਸਵੀਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਜ਼ਰ ਨਹੀਂ ਆ ਰਹੇ। ਵਿਰੋਧੀ ਧੜਿਆਂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਹੋਈ ਅਹਿਮ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ ਵੜਿੰਗ ਵਿਰੋਧੀ ਧੜੇ ਦਾ ਕੋਈ ਵੀ ਆਗੂ ਰਾਜਾ ਵੜਿੰਗ ਦੀ ਅਗਵਾਈ ’ਚ ਹੋਣ ਵਾਲੇ ਪ੍ਰੋਗਰਾਮਾਂ ’ਚ ਸ਼ਾਮਿਲ ਨਹੀਂ ਹੋਵੇਗਾ।

ਸੁਖਜਿੰਦਰ ਰੰਧਾਵਾ ਵੱਲੋਂ ਪੋਸਟ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੇ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਛੇੜ ਦਿੱਤੀ ਹੈ। ਇਨ੍ਹਾਂ ਫੋਟੋਆਂ ਵਿੱਚ ਸੀਨੀਅਰ ਕਾਂਗਰਸੀ ਲੀਡਰਾਂ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਕਈ ਵੱਡੇ ਚਿਹਰੇ ਇੱਕਜੁੱਟ ਦਿਖਾਈ ਦੇ ਰਹੇ ਹਨ। ਤਸਵੀਰਾਂ ਵਿੱਚ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ MLA ਪ੍ਰਗਟ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਨਜ਼ਰ ਆ ਰਹੇ ਹਨ। ਇਸ ਪੋਸਟ ਰਾਹੀਂ ਕਾਂਗਰਸ ਹਾਈਕਮਾਂਡ ਅਤੇ ਸੂਬਾ ਲੀਡਰਸ਼ਿਪ ਨੂੰ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪਾਰਟੀ ਵਿਚ ਮਤਭੇਦ ਨਹੀਂ ਹਨ ਸਗੋਂ ਜਲਦ ਹੀ ਸਾਰੇ ਆਗੂ ਇਕ ਹੀ ਮੰਚ ‘ਤੇ ਇਕੱਠੇ ਦਿਖਣਗੇ।

ਦੂਸਰੀ ਤਰਫ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੀ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਵਿਧਾਨ ਸਭਾ 2027 ਦੇ ਮੱਦੇਨਜ਼ਰ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੇ ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਇਸ ਮੀਟਿੰਗ ’ਚ ਚੋਣ ਰਣਨੀਤੀ ਤੇ ਸੰਗਠਨ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਹੈ। ਵੜਿੰਗ ਨੇ ‘ਮਿਸ਼ਨ 2027’ ਦੇ ਹਵਾਲੇ ਨਾਲ ਇਸ ਨੂੰ ਏਕੇ ’ਚ ਬਰਕਤ ਕਰਾਰ ਦਿੱਤਾ।

Related Articles

Leave a Reply

Your email address will not be published. Required fields are marked *

Back to top button
error: Content is protected !!