ਪੰਜਾਬ

ਪੰਜਾਬ ਚੋਣਾਂ ਤੋਂ ਪਹਿਲਾਂ ਥੋੜ੍ਹੀ ਦੇਰ ‘ਚ ਜਾਰੀ ਹੋਵੇਗੀ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਨੇ ਵੀ ਚੋਣ ਮੈਦਾਨ ਵਿੱਚ ਆਪਣੇ ਉਮੀਦਵਾਰ ਉਤਾਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ ਸ਼ਨੀਵਾਰ ਦੁਪਹਿਰ 12 ਵਜੇ ਤੋਂ ਬਾਅਦ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ।

ਇਹ ਐਲਾਨ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਤੋਂ ਬਾਅਦ ਕੀਤਾ ਗਿਆ। ਬੈਠਕ ਦੀ ਅਗਵਾਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤੀ। ਇਸ ਮੀਟਿੰਗ ਵਿੱਚ ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਹਰਪਾਲ ਚੀਮਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਜਾਣਕਾਰੀ ਮੁਤਾਬਕ ਬੈਠਕ ਦੌਰਾਨ ਲਗਭਗ 30 ਤੋਂ 35 ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਹਾਲਾਂਕਿ ਕੁਝ ਨਾਵਾਂ ‘ਤੇ ਅੰਤਿਮ ਫੈਸਲਾ ਲੈਣ ਲਈ ਸ਼ਨੀਵਾਰ ਨੂੰ ਮੁੜ ਮੀਟਿੰਗ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪਹਿਲੀ ਸੂਚੀ ਵਿੱਚ ਕੁਝ ਮੌਜੂਦਾ ਕੈਬਨਿਟ ਮੰਤਰੀਆਂ ਅਤੇ ਹਲਕਾ ਇੰਚਾਰਜਾਂ ਦੇ ਨਾਂ ਵੀ ਸ਼ਾਮਲ ਹੋ ਸਕਦੇ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਂ ਪੜਾਅਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ, ਤਾਂ ਜੋ ਉਮੀਦਵਾਰਾਂ ਨੂੰ ਆਪਣੇ ਹਲਕਿਆਂ ਵਿੱਚ ਚੋਣ ਪ੍ਰਚਾਰ ਅਤੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਲੋੜੀਂਦਾ ਸਮਾਂ ਮਿਲ ਸਕੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਕੁਝ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ।

ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਵੇਗੀ। ਉਨ੍ਹਾਂ ਮੁਤਾਬਕ ਉਮੀਦਵਾਰਾਂ ਦੀ ਚੋਣ ਲੋਕਾਂ ਵਿਚਕਾਰ ਕਰਵਾਏ ਗਏ ਸਰਵੇਖਣ ਦੇ ਆਧਾਰ ‘ਤੇ ਕੀਤੀ ਜਾਵੇਗੀ ਅਤੇ ਅਜਿਹੇ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ, ਜਿਨ੍ਹਾਂ ਦੀ ਆਪਣੇ ਇਲਾਕੇ ਵਿੱਚ ਚੰਗੀ ਪਕੜ ਅਤੇ ਲੋਕਾਂ ਵਿੱਚ ਸਵੀਕਾਰਤਾ ਹੋਵੇ। ਇਸ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵੀ ਗੱਠਜੋੜ ਬਾਰੇ ਪੁੱਛੇ ਗਏ ਸਵਾਲ ‘ਤੇ ਵੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਤਨਜ਼ ਕੱਸਦਿਆਂ ਕਿਹਾ ਕਿ ਸਿਫ਼ਰ ਨੂੰ ਸਿਫ਼ਰ ਨਾਲ ਗੁਣਾ ਕਰਨ ‘ਤੇ ਨਤੀਜਾ ਸਿਫ਼ਰ ਹੀ ਹੁੰਦਾ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਦੋਵਾਂ ਪਾਰਟੀਆਂ ਦਾ ਕੋਈ ਸਿਆਸੀ ਵਜੂਦ ਨਹੀਂ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਕਰਦਿਆਂ ਭਾਜਪਾ ਨੂੰ ਸਵਾਲ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਦੋਸ਼ਾਂ ਦਾ ਸਾਹਮਣਾ ਕਰ ਚੁੱਕੇ ਮਜੀਠੀਆ ਨਾਲ ਪਾਰਟੀ ਕਿਸ ਆਧਾਰ ‘ਤੇ ਗੱਠਜੋੜ ਕਰਨ ਬਾਰੇ ਸੋਚ ਰਹੀ ਹੈ।ਹੁਣ ਸਾਰੀਆਂ ਨਜ਼ਰਾਂ ਸ਼ਨੀਵਾਰ ਨੂੰ ਜਾਰੀ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ‘ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਪਾਰਟੀ ਦੀ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਰਣਨੀਤੀ ਬਾਰੇ ਹੋਰ ਜਾਣਕਾਰੀ ਸਾਹਮਣੇ ਆਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!