ਸੰਸਾਰ

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਲਈ ਕਾਰਨੀ ਅਤੇ ਟਰੰਪ ਵਿਚਾਲੇ ਚੰਗੀ ਗੱਲਬਾਤ, ਆਉਣ ਵਾਲੇ ਹਫ਼ਤਿਆਂ ’ਚ ਟੀਮਾਂ ਕਰਨਗੀਆਂ ਸਮਝੌਤੇ ’ਤੇ ਕੰਮ

ਟੋਰਾਂਟੋ (ਬਲਜਿੰਦਰ ਸੇਖਾ) — ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੈਨੇਡਾ ਅਤੇ ਅਮਰੀਕਾ ਵਿਚਾਲੇ ਵਪਾਰ ਦੇ ਭਵਿੱਖ ਨੂੰ ਲੈ ਕੇ ਹੋਈ ਗੱਲਬਾਤ ਨੂੰ ਚੰਗਾ ਕਰਾਰ ਦਿੱਤਾ ਹੈ।
ਕਾਰਨੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਟਰੰਪ ਨਾਲ ਉਨ੍ਹਾਂ ਦੀ ਚੰਗੀ ਗੱਲਬਾਤ ਹੋਈ ਹੈ। ਇਹ ਗੱਲਬਾਤ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਸਮੇਂ ਦੌਰਾਨ ਹੋਈਆਂ ਉਸਾਰੂ ਵਿਚਾਰ-ਵਟਾਂਦਰਿਆਂ ਦੀ ਅਗਲੀ ਕੜੀ ਹੈ।
ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਇੱਕ ਅਜਿਹੇ ਵਪਾਰਕ ਸਮਝੌਤੇ ਦੀ ਰੂਪਰੇਖਾ ਤਿਆਰ ਕਰਨ ਵੱਲ ਵਧ ਰਹੇ ਹਨ, ਜਿਸ ਨਾਲ ਕੈਨੇਡਾ ਅਤੇ ਅਮਰੀਕਾ ਦੇ ਕਾਮਿਆਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪਰਿਵਾਰਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੇਗੀ।
ਪ੍ਰਧਾਨ ਮੰਤਰੀ ਕਾਰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪ੍ਰਸਤਾਵਿਤ ਸਮਝੌਤੇ ਵਿੱਚ ਕੈਨੇਡਾ ਦੀਆਂ ਭਾਸ਼ਾਵਾਂ, ਸੱਭਿਆਚਾਰ ਅਤੇ ਰਾਸ਼ਟਰੀ ਪ੍ਰਭੂਸੱਤਾ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਅਨੁਸਾਰ, ਹੁਣ ਦੋਵਾਂ ਦੇਸ਼ਾਂ ਦੀਆਂ ਟੀਮਾਂ ਆਉਣ ਵਾਲੇ ਕੁਝ ਹਫ਼ਤਿਆਂ ਦੌਰਾਨ ਇਸ ਸਮਝੌਤੇ ਨੂੰ ਅਮਲੀ ਰੂਪ ਦੇਣ ਲਈ ਕੰਮ ਕਰਨਗੀਆਂ।
ਜ਼ਿਕਰਯੋਗ ਹੈ ਕਿ ਕੈਨੇਡਾ ਅਤੇ ਅਮਰੀਕਾ ਵਿਚਾਲੇ ਵਪਾਰਕ ਤਣਾਅ ਕਾਰਨ ਦੋਵਾਂ ਦੇਸ਼ਾਂ ਦੇ ਕਾਰੋਬਾਰਾਂ ਅਤੇ ਉਦਯੋਗਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਨਵੇਂ ਵਪਾਰਕ ਸਮਝੌਤੇ ਦੀ ਸੰਭਾਵਨਾ ਨੂੰ ਦੋਵਾਂ ਦੇਸ਼ਾਂ ਦੀ ਆਰਥਿਕਤਾ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਹੁਣ ਸਭ ਦੀਆਂ ਨਜ਼ਰਾਂ ਆਉਣ ਵਾਲੇ ਹਫ਼ਤਿਆਂ ਵਿੱਚ ਹੋਣ ਵਾਲੀ ਗੱਲਬਾਤ ਅਤੇ ਸੰਭਾਵਿਤ ਵਪਾਰਕ ਸਮਝੌਤੇ ’ਤੇ ਟਿਕੀਆਂ ਹੋਈਆਂ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!