ਪੰਜਾਬ

ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ’ਤੇ ਚੁੱਕੇ ਸਵਾਲ, ਕਿਹਾ “ਮੇਰਾ ਪੱਖ ਨਹੀਂ ਸੁਣਿਆ ਗਿਆ”

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਨ੍ਹਾਂ ਦੇ ਮਾਮਲੇ ਵਿੱਚ ਲਏ ਗਏ ਫ਼ੈਸਲੇ ’ਤੇ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਫੇਸਬੁੱਕ ਲਾਈਵ ਰਾਹੀਂ ਚਾਵਲਾ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ਵਿੱਚ ਕੁਦਰਤੀ ਨਿਆਂ ਦੇ ਸਿਧਾਂਤ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਉਸ ਦਾ ਪੱਖ ਸੁਣਨਾ ਜ਼ਰੂਰੀ ਹੈ, ਪਰ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਮਿਲਿਆ।

ਜਥੇਦਾਰ ਨੂੰ ਮਿਲ ਕੇ ਸਪਸ਼ਟੀਕਰਨ ਦੇਣਾ ਚਾਹੁੰਦੇ ਸਨ

ਚਾਵਲਾ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਇਕਪਾਸੜ ਫ਼ੈਸਲਾ ਲੈਣ ਦੀ ਬਜਾਏ ਉਨ੍ਹਾਂ ਨੂੰ ਬੁਲਾ ਕੇ ਸਥਿਤੀ ਸਪਸ਼ਟ ਕਰਨ ਦਾ ਮੌਕਾ ਦੇਣਾ ਚਾਹੀਦਾ ਸੀ। ਉਨ੍ਹਾਂ ਦੱਸਿਆ ਕਿ ਮਾਮਲਾ ਹਾਲੇ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਪੁਲਿਸ ਵੱਲੋਂ FIR ਦਰਜ ਕੀਤੇ ਜਾਣ ਤੋਂ ਬਾਅਦ ਬਿਆਨ ਵੀ ਦਰਜ ਹੋ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਮੁਤਾਬਕ ਬਿਨਾਂ ਪੂਰੀ ਜਾਂਚ ਦੇ ਜਲਦਬਾਜ਼ੀ ਵਿੱਚ ਫ਼ੈਸਲਾ ਸੁਣਾਇਆ ਗਿਆ।

ਚਾਵਲਾ ਨੇ ਆਪਣੀ ਲਗਭਗ 35 ਸਾਲਾਂ ਦੀ ਪੰਥਕ ਸੇਵਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਲੰਬੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਵੀਡੀਓ ਸਬੂਤ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ।

ਚਾਵਲਾ ਨੇ ਸਵਾਲ ਕੀਤਾ ਕਿ ਉਨ੍ਹਾਂ ਦੇ ਮਾਮਲੇ ਵਿੱਚ ਵੀ ਅਜਿਹੀ ਕਮੇਟੀ ਬਣਾ ਕੇ ਪੂਰੀ ਜਾਂਚ ਕਿਉਂ ਨਹੀਂ ਕਰਵਾਈ ਗਈ।

ਕਿਹਾ- ਨਿਰਪੱਖ ਜਾਂਚ ਤੋਂ ਪਿੱਛੇ ਨਹੀਂ ਹਟਾਂਗੇ

ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਤੋਂ ਪਿੱਛੇ ਨਹੀਂ ਹਟ ਰਹੇ। ਉਨ੍ਹਾਂ ਮੁਤਾਬਕ ਜੇਕਰ ਨਿਰਪੱਖ ਜਾਂਚ ਵਿੱਚ ਉਨ੍ਹਾਂ ਦੀ ਗਲਤੀ ਸਾਬਤ ਹੁੰਦੀ ਹੈ ਤਾਂ ਉਹ ਹਰ ਨਤੀਜਾ ਭੁਗਤਣ ਲਈ ਤਿਆਰ ਹਨ।

‘ਬਹਿਰੀਨ ਤੋਂ ਆਈ ਮਹਿਲਾ’ ਨਾਲ ਜੁੜੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਕੁਝ ਹੋਰ ਵੀਡੀਓ ਜਾਰੀ ਕਰਨਗੇ। ਉਨ੍ਹਾਂ ਦਾ ਦਾਅਵਾ ਹੈ ਕਿ ਇਨ੍ਹਾਂ ਵੀਡੀਓਜ਼ ਰਾਹੀਂ ਸੰਗਤ ਸਾਹਮਣੇ ਪੂਰਾ ਮਾਮਲਾ ਰੱਖਿਆ ਜਾਵੇਗਾ ਅਤੇ ਦੱਸਿਆ ਜਾਵੇਗਾ ਕਿ ਮਹਿਲਾ ਨੂੰ ਕਿਸ ਨੇ ਅਤੇ ਕਿਉਂ ਬੁਲਾਇਆ ਸੀ।

ਮਹਿਲਾ ਨੇ ਲਗਾਏ ਗੰਭੀਰ ਦੋਸ਼

ਦਿੱਤੀ ਜਾਣਕਾਰੀ ਮੁਤਾਬਕ ਮਹਿਲਾ ਮਾਲਵਾ ਖੇਤਰ ਨਾਲ ਸਬੰਧਤ ਹੈ ਅਤੇ ਪਿਛਲੇ 25 ਸਾਲਾਂ ਤੋਂ ਬਹਿਰੀਨ ਵਿੱਚ ਰਹਿ ਰਹੀ ਹੈ। FIR ਮੁਤਾਬਕ ਘਟਨਾ ਦਾ ਸਮਾਂ 27 ਫਰਵਰੀ ਤੋਂ 19 ਅਗਸਤ 2026 ਦਰਮਿਆਨ ਦੱਸਿਆ ਗਿਆ ਹੈ। ਮਹਿਲਾ ਦਾ ਦੋਸ਼ ਹੈ ਕਿ ਉਹ ਧਾਰਮਿਕ ਯਾਤਰਾ ਲਈ ਸ੍ਰੀ ਆਨੰਦਪੁਰ ਸਾਹਿਬ ਆਈ ਸੀ, ਜਿੱਥੇ ਉਸ ਨੂੰ ਵੱਖ-ਵੱਖ ਸਰਾਵਾਂ ਜਾਂ ਕਮਰਿਆਂ ਵਿੱਚ ਲਿਜਾ ਕੇ ਬੰਧਕ ਬਣਾਇਆ ਗਿਆ ਅਤੇ ਕਈ ਵਾਰ ਜਬਰ ਜਨਾਹ ਕੀਤਾ ਗਿਆ।

ਮਹਿਲਾ ਨੇ ਇਹ ਵੀ ਦੋਸ਼ ਲਗਾਇਆ ਕਿ ਵਿਰੋਧ ਕਰਨ ’ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ। ਉਸ ਮੁਤਾਬਕ ਪਰੇਸ਼ਾਨ ਹੋ ਕੇ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਇੱਕ ਸੇਵਾਦਾਰ ਨੇ ਉਸ ਨੂੰ ਹਸਪਤਾਲ ਪਹੁੰਚਾਇਆ।

ਚਾਵਲਾ ਨੇ ਅਸਤੀਫ਼ਾ ਭੇਜਿਆ

ਮਹਿਲਾ ਨੇ ਦਾਅਵਾ ਕੀਤਾ ਕਿ ਉਸ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗਜ ਸਮੇਤ ਕਈ ਪੰਥਕ ਆਗੂਆਂ ਕੋਲ ਇਨਸਾਫ਼ ਦੀ ਮੰਗ ਕੀਤੀ ਸੀ। ਉਸ ਮੁਤਾਬਕ ਸੁਣਵਾਈ ਨਾ ਹੋਣ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ।

ਇਸ ਦੌਰਾਨ ਅਮਰਜੀਤ ਸਿੰਘ ਚਾਵਲਾ ਨੇ SGPC ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!