ਸੰਸਾਰ

ਅਮਰੀਕਾ ਦੇ ਡਲਾਸ ’ਚ ਗੋਲੀਬਾਰੀ; 6 ਹਲਾਕ, ਦਰਜਨ ਤੋਂ ਵੱਧ ਜ਼ਖ਼ਮੀ

ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਜਾਰੀ: ਪੁਲੀਸ

ਡਲਾਸ ਵਿੱਚ ਗੋਲੀਬਾਰੀ ਦੀਆਂ ਵੱਖ-ਵੱਖ ਘਟਨਾਵਾਂ ’ਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ ਹਨ। ਪੁਲੀਸ ਮੁਖੀ ਡੈਨੀਅਲ ਕੋਮੌਕਸ ਨੇ ਕਿਹਾ ਕਿ ਪੁਲੀਸ ਅਜੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਗੋਲੀਬਾਰੀ ਦੀਆਂ ਇਹ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਸਨ। ਇਹ ਹੈਲੋਵੀਨ ਵੀਕਐਂਡ ’ਤੇ ਦੇਸ਼ ਭਰ ਵਿੱਚ ਹੋਈਆਂ ਕਈ ਹਿੰਸਕ ਘਟਨਾਵਾਂ ਵਿੱਚੋਂ ਇੱਕ ਸੀ। ਕੋਮੌਕਸ ਨੇ ਕਿਹਾ ਕਿ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਾਪਰੀਆਂ ਅਤੇ ਤੁਰੰਤ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਕਿਉਂ ਸ਼ੁਰੂ ਹੋਈਆਂ। ਉਨ੍ਹਾਂ ਕਿਹਾ ਕਿ ਕੁਝ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਕੀ ਦੋਸ਼ ਲਾਏ ਗਏ ਹਨ। –

ਅਮਰੀਕਾ ਵਿੱਚ ਹਫ਼ਤੇ ਦੇ ਅਖ਼ੀਰ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਅਲਾਬਾਮਾ ਵਿੱਚ ਦੋ ਯੂਨੀਵਰਸਿਟੀਆਂ ਵਿਚਾਲੇ ਫੁਟਬਾਲ ਮੈਚ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਪੁਲੀਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਦੇ ਬੁਲਾਰੇ ਡੀ’ਰੇਲ ਫਰੀਮੈਨ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਪੁਲੀਸ ਹੈੱਡਕੁਆਰਟਰ ਲਿਜਾਇਆ ਗਿਆ ਹੈ। ਘਟਨਾ ਵਾਲੀ ਥਾਂ ਤੋਂ ਕਈ ਹਥਿਆਰ ਵੀ ਬਰਾਮਦ ਕਰਕੇ ਸੁਰੱਖਿਅਤ ਕਰ ਲਏ ਗਏ ਹਨ।

ਉਧਰ, ਡੇਲਾਵੇਅਰ ਸੂਬੇ ਦੇ ਨੇਵਾਰਕ ਵਿੱਚ ਯੂਨੀਵਰਸਿਟੀ ਆਫ ਡੇਲਾਵੇਅਰ ਦੇ ਕੈਂਪਸ ਨੇੜੇ ਸ਼ਨਿੱਚਰਵਾਰ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਛੇ ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਸਾਰਿਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐਤਵਾਰ ਦੁਪਹਿਰ ਤੱਕ ਉਨ੍ਹਾਂ ਦੀ ਹਾਲਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਸੀ। ਘਟਨਾ ਤੋਂ ਬਾਅਦ ਸ਼ਹਿਰ ਦੀ ਮੇਨ ਸਟਰੀਟ ਦਾ ਇੱਕ ਹਿੱਸਾ ਕਈ ਘੰਟਿਆਂ ਲਈ ਬੰਦ ਰੱਖਿਆ ਗਿਆ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਵੀਡੀਓ ਵਿੱਚ ਲੋਕਾਂ ਨੂੰ ਜਾਨ ਬਚਾਉਣ ਲਈ ਭੱਜਦੇ ਦੇਖਿਆ ਜਾ ਸਕਦਾ ਹੈ।

ਇਲੀਨੋਇਸ ਸੂਬੇ ਦੇ ਬਲੂਮਿੰਗਟਨ ਵਿੱਚ ਐਤਵਾਰ ਤੜਕੇ ਹੋਈ ਗੋਲੀਬਾਰੀ ਵਿੱਚ 19 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਔਰਤ ਦੀ ਹਾਲਤ ਗੰਭੀਰ ਹੈ। ਛੇ ਹੋਰ ਵਿਅਕਤੀਆਂ ਨੂੰ ਵੀ ਸੱਟਾਂ ਲੱਗੀਆਂ ਹਨ, ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਨੂੰ ਗੋਲੀਆਂ ਲੱਗੀਆਂ ਸਨ ਜਾਂ ਨਹੀਂ। ਇਹ ਘਟਨਾ ਇਲੀਨੋਇਸ ਵੇਸਲੀਅਨ ਯੂਨੀਵਰਸਿਟੀ ਦੇ ਕੈਂਪਸ ਨੇੜੇ ਵਾਪਰੀ।

ਅਰਕਾਨਸਾਸ ਦੇ ਫੇਅਟਵਿਲੇ ਵਿੱਚ ਵੀ ਐਤਵਾਰ ਤੜਕੇ ਗੋਲੀਬਾਰੀ ਵਿੱਚ ਛੇ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲੀਸ ਨੇ ਦੱਸਿਆ ਕਿ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮੁੱਢਲੀ ਜਾਂਚ ਮੁਤਾਬਕ ਗੋਲੀਬਾਰੀ ਤੋਂ ਪਹਿਲਾਂ ਕੁਝ ਲੋਕਾਂ ਵਿਚਾਲੇ ਝਗੜਾ ਹੋਇਆ ਸੀ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੈਲੀਫੋਰਨੀਆ ਅਤੇ ਮਿਸ਼ੀਗਨ ਵਿੱਚ ‘ਸਪਿਰਿਟ ਹੈਲੋਵੀਨ’ ਸਟੋਰਾਂ ’ਤੇ ਹੋਈਆਂ ਵੱਖ-ਵੱਖ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।

ਕੈਲੀਫੋਰਨੀਆ ਦੇ ਫੇਅਰਫੀਲਡ ਵਿੱਚ ਇੱਕ ਇਨਡੋਰ ਸ਼ਾਪਿੰਗ ਮਾਲ ਦੇ ਸਟੋਰ ਅੰਦਰ ਹੋਈ ਗੋਲੀਬਾਰੀ ਨੂੰ ਪੁਲੀਸ ਨੇ ਨਿਸ਼ਾਨਾ ਬਣਾ ਕੇ ਕੀਤਾ ਹਮਲਾ ਦੱਸਿਆ। ਇਸ ਵਿੱਚ 31 ਸਾਲਾ ਔਰਤ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਕਿ ਮ੍ਰਿਤਕ ਔਰਤ ਗਰਭਵਤੀ ਸੀ।

ਮਿਸ਼ੀਗਨ ਦੇ ਮੈਡੀਸਨ ਹਾਈਟਸ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ 21 ਸਾਲਾ ਨੌਜਵਾਨ ਦੀ ਸਪਿਰਿਟ ਹੈਲੋਵੀਨ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਜਾਣ ਸਮੇਂ ਇੱਕ ਹੋਰ ਵਿਅਕਤੀ ’ਤੇ ਉੱਥੇ ਮੌਜੂਦ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਵੀ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਉਸ ਦੀਆਂ ਸੱਟਾਂ ਜਾਨਲੇਵਾ ਨਹੀਂ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!