ਪੰਜਾਬ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਫ਼ੈਸਲਾ, ਪੁਨਰ ਸੁਰਜੀਤ ਅਕਾਲੀ ਦਲ ਤੋਂ ਹੋਏ ਵੱਖ

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਅਹਿਮ ਸਿਆਸੀ ਫ਼ੈਸਲਾ ਲੈਂਦਿਆਂ ਪੁਨਰ ਸੁਰਜੀਤ ਅਕਾਲੀ ਦਲ ਜਥੇਬੰਦੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਪ੍ਰੋ. ਚੰਦੂਮਾਜਰਾ ਨੇ ਇਸ ਫ਼ੈਸਲੇ ਪਿੱਛੇ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਸਹਿਮਤੀ ਨਾ ਹੋਣ ਨੂੰ ਵਜ੍ਹਾ ਦੱਸਿਆ ਹੈ। ਆਪਣੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ।

ਹਾਲਾਂਕਿ, ਉਨ੍ਹਾਂ ਨੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਸਾਰਥਕ ਭੂਮਿਕਾ ਨਾ ਨਿਭਾ ਸਕਣਾ ਉਨ੍ਹਾਂ ਦੇ ਮਨ ਵਿੱਚ ਵੱਡੀ ਪੀੜ ਪੈਦਾ ਕਰਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਉਨ੍ਹਾਂ ਦੀ ਭੂਮਿਕਾ ਸਿਰਫ਼ ਅਖ਼ਬਾਰਾਂ ਵਿੱਚ ਬਿਆਨ ਦੇਣ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਮੁਤਾਬਕ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਚੁੱਕ ਰਹੀਆਂ ਹਨ। ਇਸ ਲਈ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਸਮੇਂ ਦੀ ਲੋੜ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਥਕ ਏਕਤਾ ਲਈ ਦਿੱਤੀ ਗਈ ਉਨ੍ਹਾਂ ਦੀ ਅਪੀਲ ‘ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਜਨਤਕ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ ਅਤੇ ਕਾਰਜਸ਼ੈਲੀ ਵਿੱਚ ਮੇਲ ਨਹੀਂ ਖਾਂਦਾ। ਇਸੇ ਕਾਰਨ ਉਨ੍ਹਾਂ ਨੇ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਹੈ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ। ਹੁਣ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਪੰਥਕ ਸਿਆਸਤ ਵਿੱਚ ਅੱਗੇ ਕੀ ਨਵਾਂ ਮੋੜ ਆਉਂਦਾ ਹੈ, ਇਹ ਦੇਖਣਾ ਅਹਿਮ ਰਹੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!